*ਸ਼ਹੀਦ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ*

*ਸ਼ਹੀਦ ਪ੍ਰਭਜੀਤ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ*

*ਸ਼ਹੀਦ ਦਾ ਪਰਿਵਾਰ ਸਰਕਾਰ ਦਾ ਪਰਿਵਾਰ, ਹਰੇਕ ਮਦਦ ਕੀਤੀ ਜਾਵੇਗੀ: ਸਰਬਜੀਤ ਕੌਰ*

*ਐਸ.ਡੀ.ਐਮ ਨੇ ਸ਼ਹੀਦ ਦੇ ਪਰਿਵਾਰ ਨੂੰ 5 ਲੱਖ ਦਾ ਚੈਕ ਸੌਂਪਿਆ/ਬਾਕੀ 45 ਲੱਖ ਐਕਸ ਗ੍ਰੇਸ਼ੀਆ ਮੁਆਵਜ਼ਾ ਛੇਤੀ ਦੇਣ ਤੇ ਸਰਕਾਰੀ ਨੌਕਰੀ ਸਬੰਧੀ ਪ੍ਰਕਿਰਿਆ ਜਾਰੀ*

Post.     V news 24
    By.     Vijay Kumar Raman 
    On.    06 May, 2021
ਹਾਕਮ ਵਾਲਾ/ਮਾਨਸਾ, 6 ਮਈ,(ਗੁਰਜੰਟ ਸਿੰਘ ਬਾਜੇਵਾਲੀਆ):- ਪਿਛਲੇ ਦਿਨੀਂ ਸ਼ਿਆਚਿਨ ਗਲੇਸ਼ੀਅਰ ਵਿਖੇ ਆਏ ਭਾਰੀ ਬਰਫ਼ੀਲੇ ਤੂਫ਼ਾਨ ਕਾਰਨ ਡਿਊਟੀ ਦੌਰਾਨ ਸ਼ਹੀਦ ਹੋਏ ਜ਼ਿਲ੍ਹਾ ਮਾਨਸਾ ਦੇ ਪਿੰਡ ਹਾਕਮ ਵਾਲਾ ਦੇ ਵਸਨੀਕ ਸਿਪਾਹੀ ਸ. ਪ੍ਰਭਜੀਤ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਅੱਜ ਵੱਖ-ਵੱਖ ਸ਼ਖਸੀਅਤਾਂ ਤੇ ਪਿੰਡ ਵਾਸੀਆਂ ਨੇ ਸ਼ਹੀਦ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਐਸ.ਡੀ.ਐਮ ਸ਼੍ਰੀਮਤੀ ਸਰਬਜੀਤ ਕੌਰ ਨੇ ਸ਼ਾਮਲ ਹੁੰਦਿਆਂ ਪੰਜਾਬ ਸਰਕਾਰ ਦੀ ਤਰਫੋਂ ਸ਼ਹੀਦ ਦੇ ਪਰਿਵਾਰ ਨੂੰ ਐਕਸ ਗਰੇਸ਼ੀਆ ਮੁਆਵਜ਼ੇ ਵਜੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ।ਐਸ.ਡੀ.ਐਮ ਸ਼੍ਰੀਮਤੀ ਸਰਬਜੀਤ ਕੌਰ ਨੇ ਸ਼ਹੀਦ ਦੇ ਮਾਤਾ ਪਿਤਾ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਦਾ ਪਰਿਵਾਰ ਸਰਕਾਰ ਦਾ ਪਰਿਵਾਰ ਹੈ ਅਤੇ ਭਵਿੱਖ ਵਿੱਚ ਵੀ ਪਰਿਵਾਰ ਦੀ ਹਰੇਕ ਪੱਖੋਂ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਸ. ਪ੍ਰਭਜੀਤ ਸਿੰਘ ਨੇ ਛੋਟੀ ਉਮਰੇ ਹੀ ਦੇਸ਼ ਦੀ ਰਾਖੀ ਲਈ ਆਪਣੀ ਜਾਨ ਵਾਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਜਿਸ ਨਾਲ ਸਾਰਿਆਂ ਦਾ ਸਿਰ ਫ਼ਖ਼ਰ ਨਾਲ ਉੱਚਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ਿਕਰਯੋਗ ਹੈ ਕਿ ਸ਼ਹੀਦ ਸਿਪਾਹੀ ਸ. ਪ੍ਰਭਜੀਤ ਸਿੰਘ ਕਰੀਬ 3 ਵਰ੍ਹੇ ਪਹਿਲਾਂ ਹੀ ਭਾਰਤੀ ਫੌਜ ਦੀ 21 ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਏ ਸਨ।
ਸ਼ਰਧਾਂਜਲੀ ਭੇਟ ਕਰਦਿਆਂ ਐਸ.ਡੀ.ਐਮ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਹੀਦ ਪ੍ਰਭਜੀਤ ਸਿੰਘ ਦੇ ਪਰਿਵਾਰ ਲਈ 50 ਲੱਖ ਰੁਪਏ ਐਕਸ ਗ੍ਰੇਸ਼ੀਆ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ  ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਵਿੱਚੋਂ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਅੱਜ ਸ਼ਹੀਦ ਦੇ ਪਿਤਾ ਸ. ਜਗਮੇਲ ਸਿੰਘ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਬਾਕੀ ਐਲਾਨ ਜਲਦੀ ਤੋਂ ਜਲਦੀ ਪੂਰੇ ਕਰਨ ਲਈ ਦਸਤਾਵੇਜ਼ੀ ਕਾਰਵਾਈ ਜਾਰੀ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਇੱਕ ਮੰਗ ਪੱਤਰ ਵੀ ਸੌਂਪਿਆ ਜਿਸ ’ਤੇ ਉਪ ਮੰਡਲ ਮੈਜਿਸਟਰੇਟ ਨੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ।
ਇਸ ਦੌਰਾਨ ਵਿਧਾਇਕ ਬੁਢਲਾਡਾ ਸ਼੍ਰੀ ਬੁੱਧ ਰਾਮ, ਐਸ.ਪੀ ਹੈਡਕੁਆਟਰ ਸ਼੍ਰੀ ਸਤਨਾਮ ਸਿੰਘ, ਜ਼ਿਲ੍ਹਾ ਸੈਨਿਕ ਸੁਰੱਖਿਆ ਵਿਭਾਗ ਤੋਂ ਸ਼੍ਰੀ ਹਰਜੀਤ ਸਿੰਘ ਸੁਪਰਡੈਂਟ ਦੇ ਨਾਲ ਨਾਲ ਹੋਰ ਪ੍ਰਸ਼ਾਸਨਿਕ ਅਧਿਕਾਰੀ, 21 ਪੰਜਾਬ ਰੈਜੀਮੈਂਟ ਦੇ ਅਧਿਕਾਰੀ, ਰਾਜਨੀਤਕ ਆਗੂ, ਸਮਾਜ ਸੇਵੀ, ਸ਼ਹੀਦ ਦੇ ਪਰਿਵਾਰਕ ਮੈਂਬਰ ਤੇ ਪਤਵੰਤੇ ਵੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।

Post a Comment

0 Comments