ਹੁਸ਼ਿਆਰਪੁਰ, 18 ਮਈ (ਗੁਰਪ੍ਰੀਤ ਸਿੰਘ ਡਾਂਡੀਆਂ) ਕ੍ਰਿਸ਼ੀ ਵਿਗਿਆਨ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਮਨਵਿੰਦਰ ਸਿੰਘ ਬੌਂਸ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਸਿਫਾਰਿਸ਼ ਕੀਤੀ ਗਈ ਹੈ ਜਿਸ ਨੂੰ ਵੱਡੇ ਪੱਧਰ ’ਤੇ ਪਿਛਲੇ ਸਾਲ ਕਿਸਾਨਾਂ ਵਲੋਂ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਲੋਂ ਨਵੀਆਂ ਤਕਨੀਕਾਂ ਨਾਲ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਅੱਜ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਵੈਬੀਨਾਰ ਆਯੋਜਿਤ ਕੀਤਾ ਗਿਆ। ਡਿਪਟੀ ਡਾਇਰੈਕਟਰ ਨੇ ਵੈਬੀਨਾਰ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਦੇ ਮੱਦੇਨਜ਼ਰ ਪਾਣੀ ਦੀ ਸੰਭਾਲ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਦੀ ਤਕਨੀਕ ਨੂੰ ਇਸ ਵਾਰ ਵੱਡੇ ਪੱਧਰ ’ਤੇ ਕਿਸਾਨਾਂ ਤੱਕ ਪਹੁੰਚਾਉਣ ਦੇ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਲ ਕੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਨਾਲ ਪਾਣੀ ਤੇ ਲੇਬਰ ਦੀ ਬੱਚਤ ਹੁੰਦੀ ਹੈ।
ਵੈਬੀਨਾਰ ਨੂੰ ਸੰਬੋਧਨ ਕਰਦੇ ਹੋਏ ਪ੍ਰਮੁੱਖ ਫ਼ਸਲ ਵਿਗਿਆਨ ਡਾ.ਸਿਮਰਜੀਤ ਕੌਰ ਨੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਰੋਕਥਾਮ ਤੋਂ ਇਲਾਵਾ ਬਿਜਾਈ ਦਾ ਸਮਾਂ, ਲੇਜਰ ਕਰਾਹੇ ਨਾਲ ਜ਼ਮੀਨ ਦੀ ਤਿਆਰੀ, ਬੀਜ ਦੀ ਮਾਤਰਾਂ ਅਤੇ ਬੀਜ ਦੀ ਸੋਧ, ਭਾਰੀਆਂ ਤੋਂ ਦਰਮਿਆਨੀਆਂ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਨੂੰ ਪਹਿਲ, ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦਾ ਪ੍ਰਯੋਗ ਅਤੇ ਚੂਹਿਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਇਸ ਗੱਲ ਦੇ ਚਾਨਣਾ ਪਾਇਆ ਕਿ ਸਿੱਧੀ ਬਿਜਾਈ ਸ਼ਾਮ ਅਤੇ ਸਵੇਰ ਦੇ ਸਮੇਂ ਹੀ ਕੀਤੀ ਜਾਵੇ ਤਾਂ ਜੋ ਨਦੀਨਾਂ ਦੇ ਪ੍ਰਭਾਵਾਂ ਦੀ ਰੋਕਥਾਮ ਦੇ ਲਈ ਪੈਂਡੀਮੈਥਲੀਨ ਨਦੀਨ ਨਾਸ਼ਕ ਦਾ ਛਿੜਕਾਅ ਕੀਤਾ ਜਾਵੇ। ਡਾ. ਸਿਮਰਜੀਤ ਨੇ ਇਹ ਵੀ ਦੱਸਿਆ ਕਿ ਸਿੱਧੀ ਬਿਜਾਈ ਉਨ੍ਹਾਂ ਖੇਤਾਂ ਵਿੱਚ ਕੀਤੀ ਜਾਵੇ ਜਿਥੇ ਪਿਛਲੇ ਸਾਲ ਵੀ ਝੋਨਾ ਲੱਗਿਆ ਹੋਇਆ ਸੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਹੁਸ਼ਿਆਰਪੁਰ ਦੇ ਸਹਾਇਕ ਖੇਤੀਬਾੜੀ ਇੰਜੀਨੀਅਰ ਲਵਲੀ ਨੇ ਝੋਨੇ ਦੀ ਸਿੱਧੀ ਬਿਜਾਈ ਸੰਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਅਤੇ ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀ ਮਸ਼ੀਨਾ ਸਬੰਧੀ ਦਿੱਤੀ ਜਾਣ ਵਾਲੀ ਸਬਸਿਡੀ ਸੰਬੰਧੀ ਜਾਣਕਾਰੀ ਕਿਸਾਨਾਂ ਨੂੰ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਹੁਸ਼ਿਆਰਪੁਰ ਤੋਂ ਇੰਜੀਨੀਅਰ ਅਜੈਬ ਸਿੰਘ ਨੇ ਸਿੱਧੀ ਬਿਜਾਈ ਲਈ ਪ੍ਰਯੋਗ ਵਿੱਚ ਆਉਣ ਵਾਲੀਆਂ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਅਤੇ ਆਰਜੀ ਸਪਰੇਅ ਸਿਸਟਮ ਬਾਰੇ ਦੱਸਿਆ। ਅਗਾਂਹਵਧੂ ਕਿਸਾਨ ਗੁਰਵਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਆਪਣੇ ਪਿਛਲੇ ਸਾਲ ਦੇ ਤਜ਼ਰਬੇ ਕਿਸਾਨਾਂ ਨਾਲ ਸਾਂਝੇ ਕੀਤੇ। ਅੰਤ ਵਿੱਚ ਡਾ. ਬੈਂਸ ਨੇ ਵੈਬੀਨਾਰ ਵਿੱਚ ਭਾਗ ਲੈਣ ਵਾਲੇ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।
0 Comments