*ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਕਰੇਗੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁਁਲਰ ਦੀ ਕੋਠੀ ਦਾ ਘਿਰਾਓ*

*ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਕਰੇਗੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁਁਲਰ ਦੀ ਕੋਠੀ ਦਾ ਘਿਰਾਓ* 
ਜਲੰਧਰ, 26 ਦਸੰਬਰ, (ਵਿਜੈ ਕੁਮਾਰ ਰਮਨ):- ਜਲੰਧਰ ਵਿੱਚ ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਨੇ ਸੂਬਾ ਸਰਕਾਰ ਖ਼ਿਲਾਫ਼ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ। ਯੂਨੀਅਨ ਦੇ ਮੈਂਬਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਹ 19 ਜਨਵਰੀ ਨੂੰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਘਰ ਦਾ ਘਿਰਾਓ ਕਰਨਗੇ।
ਯੂਨੀਅਨ ਦੇ ਸੂਬਾ ਪ੍ਰਧਾਨ ਹਰਮਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਰੋਡਵੇਜ਼ ਪਨਬੱਸ ਵਿੱਚ ਕਾਮੇ ਪਹਿਲਾਂ ਆਊਟਸੋਰਸਿੰਗ ਅਤੇ ਫਿਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਲਿਖਤੀ ਪ੍ਰੀਖਿਆ ਪਾਸ ਕਰਨ ਮਗਰੋਂ ਠੇਕੇ ’ਤੇ ਕੰਮ ਕਰ ਰਹੇ ਹਨ। ਸਰਕਾਰ ਨਾਲ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਗੱਲ ਹੋਈ ਸੀ। ਮੁੱਖ ਮੰਤਰੀ ਕਹਿ ਰਹੇ ਹਨ ਕਿ ਕਈ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਟਰਾਂਸਪੋਰਟ ਮੰਤਰੀ ਕਹਿ ਰਹੇ ਹਨ ਕਿ ਕੱਚੇ ਮੁਲਾਜ਼ਮ ਪੱਕੇ ਨਹੀਂ ਹੋ ਸਕਦੇ।
ਹਰਮਿੰਦਰ ਸਿੰਘ ਨੇ ਕਿਹਾ ਕਿ ਜਿਹੜੇ ਠੇਕੇ 'ਤੇ ਹਨ, ਉਹ ਕਿਹੜੇ-ਕਿਹੜੇ ਪੱਕੇ ਹੋਏ ਹਨ? ਉਮਾ ਦੇਵੀ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਪਿਛਲੇ 10 ਸਾਲਾਂ ਤੋਂ ਵਾਰ-ਵਾਰ ਕਿਹਾ ਜਾ ਰਿਹਾ ਹੈ ਕਿ ਉਮਾ ਦੇਵੀ ਦੀ ਰਿਪੋਰਟ ਸਿਰਫ਼ ਪੰਜਾਬ ਦੇ ਮੁਲਾਜ਼ਮਾਂ 'ਤੇ ਲਾਗੂ ਹੁੰਦੀ ਹੈ। ਇਹ ਹਿਮਾਚਲ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਲਾਗੂ ਕਿਉਂ ਨਹੀਂ ਹੈ?
ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ 'ਆਪ' ਸਰਕਾਰ ਨੇ ਪਨਬੱਸ ਦੀਆਂ ਕਰਜ਼ਾ ਮੁਕਤ ਬੱਸਾਂ ਨੂੰ ਰੋਡਵੇਜ਼ ਨਾਲ ਮਿਲਾ ਦਿੱਤਾ ਸੀ। ਇਨ੍ਹਾਂ ਵਿੱਚੋਂ ਕੁਝ ਬੱਸਾਂ ਅਜੇ ਵੀ ਪਨਬੱਸ ਅਧੀਨ ਚੱਲ ਰਹੀਆਂ ਹਨ। ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਲਈ ਬਜਟ ਵੀ ਜਾਰੀ ਕੀਤਾ ਗਿਆ ਸੀ ਪਰ ਤਨਖਾਹ ਨਾ ਤਾਂ ਖਜ਼ਾਨੇ ਵਿੱਚੋਂ ਨਿਕਲੀ ਅਤੇ ਨਾ ਹੀ ਵਰਕਰਾਂ ਨੂੰ ਦਿੱਤੀ ਗਈ, ਜਿਸ ਕਾਰਨ ਸਮੂਹ ਵਰਕਰਾਂ ਵਿੱਚ ਰੋਸ ਹੈ।
ਹਰਮਿੰਦਰ ਸਿੰਘ ਨੇ ਦੱਸਿਆ ਕਿ ਆਊਟਸੋਰਸ ਅਤੇ ਡਰਾਈਵਰ, ਕੰਡਕਟਰ ਅਤੇ ਵਰਕਸ਼ਾਪ ਕਰਮਚਾਰੀ ਭਰਤੀ ਕੀਤੇ ਗਏ ਹਨ। ਜੋ ਬਹੁਤ ਘੱਟ ਤਨਖਾਹਾਂ 'ਤੇ ਕੰਮ ਕਰ ਰਹੇ ਹਨ। ਮੰਤਰੀ ਕਹਿ ਰਹੇ ਹਨ ਕਿ ਆਊਟਸੋਰਸ ਕਰਮਚਾਰੀਆਂ ਨੂੰ ਪੱਕੇ ਨਹੀਂ ਕੀਤਾ ਜਾ ਸਕਦਾ। ਫਿਰ ਆਊਟਸੋਰਸਿੰਗ ਵਿਚ ਭਰਤੀ ਹੀ ਨਾ ਕਰਦੇ। ਪਹਿਲਾਂ ਆਊਟਸੋਰਸਰ ਨੂੰ ਠੇਕੇ 'ਤੇ ਭਰਤੀ ਕੀਤਾ ਜਾਣਾ ਸੀ ਤਾਂ ਜੋ ਪੱਕੇ ਹੋਣ ਦਾ ਰਸਤਾ ਸਾਫ਼ ਹੋ ਜਾਂਦਾ।
ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨਾਲ ਧੱਕਾ ਕਰ ਰਹੀ ਹੈ ਤੇ ਪੱਕਾ ਨਹੀਂ ਕਰ ਰਹੀ। ਇਸ ਸਬੰਧੀ ਧਰਨੇ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਿਸੇ ਵੀ ਸੂਰਤ ਵਿੱਚ 19 ਜਨਵਰੀ ਨੂੰ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

Post a Comment

0 Comments