*ਨਾਜਾਇਜ਼ ਸਬੰਧਾਂ ਦੇ ਸ਼ੱਕ ਹੇਠ ਪਤਨੀ ਦਾ ਕਤਲ ਕਰਨ ਵਾਲਾ ਕਾਤਲ ਪਤੀ ਗ੍ਰਿਫਤਾਰ*
ਜਲੰਧਰ, 02 ਅਪੈ੍ਲ, (ਵਿਜੈ ਕੁਮਾਰ ਰਮਨ):- ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ 'ਚ ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਹੋਏ ਇਕ ਔਰਤ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕਰਦਿਆਂ ਥਾਣਾ ਬਸਤੀ ਬਾਵਾ ਖੇਲ ਦੀ ਪੁਲੀਸ ਨੇ ਇਸ ਕਤਲ ਦੇ ਦੋਸ਼ ਵਿੱਚ ਮਿ੍ਤਕ ਔਰਤ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ 1 ਅਪ੍ਰੈਲ 2024 ਨੂੰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਪਰਿਵਾਰਕ ਝਗੜੇ ਦੌਰਾਨ ਇੱਕ ਔਰਤ ਜ਼ਖਮੀ ਹੋ ਗਈ ਹੈ। ਜਿਸ ਤੋਂ ਬਾਅਦ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ।
ਜਾਂਚ ਦੌਰਾਨ ਸਾਹਮਣੇ ਆਇਆ ਕਿ ਅਮਰਜੀਤ ਸਿੰਘ ਅਤੇ ਰਸ਼ਪਾਲ ਕੌਰ ਵਿਆਹੇ ਹੋਏ ਸਨ। ਅਮਰਜੀਤ ਸਿੰਘ ਨੂੰ ਆਪਣੀ ਪਤਨੀ ਦੇ ਨਜਾਇਜ਼ ਸਬੰਧਾਂ ਦਾ ਸ਼ੱਕ ਹੋਣ ਕਾਰਨ ਦੋਹਾਂ ਵਿਚਕਾਰ ਕੁਝ ਅਣਬਣ ਰਹਿੰਦੀ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਗੱਲ ਨੂੰ ਲੈ ਕੇ ਉਨ੍ਹਾਂ ਵਿਚਕਾਰ ਲੜਾਈ ਹੋ ਗਈ, ਜਿਸ ਤੋਂ ਬਾਅਦ ਅਮਰਜੀਤ ਨੇ ਉਸ ਦੀ ਪਤਨੀ 'ਤੇ ਹਮਲਾ ਕਰ ਦਿੱਤਾ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਝਗੜੇ ਦੌਰਾਨ ਅਮਰਜੀਤ ਸਿੰਘ ਨੇ ਰਸ਼ਪਾਲ ਕੌਰ ਦੇ ਸਿਰ ’ਤੇ ਲੋਹੇ ਦੇ ਗਮਲੇ ਨਾਲ ਵਾਰ ਕੀਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਈ। ਉਨ੍ਹਾਂ ਦੱਸਿਆ ਕਿ ਰਸ਼ਪਾਲ ਕੌਰ ਨੂੰ ਉਸ ਦੇ ਪਰਿਵਾਰ ਵੱਲੋਂ ਸਿਵਲ ਹਸਪਤਾਲ ਜਲੰਧਰ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਤਫਤੀਸ਼ ਦੇ ਆਧਾਰ 'ਤੇ ਅਮਰਜੀਤ ਸਿੰਘ ਪੁੱਤਰ ਬਨਾਰਸੀ ਦਾਸ ਵਾਸੀ ਨੰਬਰ 2ਏ ਨਹਿਰੀ ਕਾਲੋਨੀ ਕਪੂਰਥਲਾ ਰੋਡ ਜਲੰਧਰ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਉਸਦੇ ਖਿਲਾਫ ਥਾਣਾ ਬਸਤੀ ਬਾਵਾ ਖੇਲ, ਜਲੰਧਰ ਵਿਖੇ ਐਫ.ਆਈ.ਆਰ 64 ਮਿਤੀ 01-04-2024 ਨੂੰ 302 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਘਟਨਾ ’ਚ ਵਰਤਿਆ ਲੋਹੇ ਦਾ ਗਮਲਾ ਬਰਾਮਦ ਕਰ ਲਿਆ ਹੈ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।
0 Comments