*ਜਲੰਧਰ ਤੋਂ ਬਸਪਾ ਦੇ ਆਗੂ ਤੇ ਲੋਕ ਸਭਾ ਲਈ ਉਮੀਦਵਾਰ ਬਲਵਿੰਦਰ ਕੁਮਾਰ ਨੇ ਪ੍ਰਸ਼ਾਸਨ 'ਤੇ ਲਾਏ ਗੰਭੀਰ ਦੋਸ਼*
ਜਲੰਧਰ, 30 ਅਪੈ੍ਲ, (ਵਿਜੈ ਕੁਮਾਰ ਰਮਨ):- ਬਸਪਾ ਆਗੂ ਬਲਵਿੰਦਰ ਨੇ ਲੋਕ ਸਭਾ ਚੋਣਾਂ ਨੂੰ ਲੈ ਕੇ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਾਏ ਹਨ। ਇਸ ਦੌਰਾਨ ਬਲਵਿੰਦਰ ਨੇ ਕਿਹਾ ਕਿ ਉਹ ਪ੍ਰਸ਼ਾਸਨ ਦਾ ਸਤਿਕਾਰ ਕਰਦੇ ਹਨ ਪਰ ਹੈਰਾਨੀ ਦੀ ਗੱਲ ਇਹ ਹੈ ਕਿ ਚੋਣ ਜ਼ਾਬਤੇ ਦੌਰਾਨ ਪ੍ਰਸ਼ਾਸਨ ਵੱਲੋਂ ਉਨ੍ਹਾਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਪਰ ਬਸਪਾ ਉਮੀਦਵਾਰ ਬਲਵਿੰਦਰ ਨੂੰ ਸੁਰੱਖਿਆ ਮੁਹੱਈਆ ਨਹੀਂ ਕਰਵਾਈ ਜਾ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪ੍ਰਸ਼ਾਸਨ ਕਹਿ ਰਿਹਾ ਹੈ ਕਿ ਚੋਣ ਜ਼ਾਬਤੇ ਦੌਰਾਨ ਸਾਰੇ ਉਮੀਦਵਾਰਾਂ ਨੂੰ ਬਰਾਬਰ ਰੱਖਿਆ ਜਾਵੇਗਾ ਪਰ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਅਸਮਾਨਤਾ ਵਾਲੀ ਸਥਿਤੀ ਪੈਦਾ ਕੀਤੀ ਜਾ ਰਹੀ ਹੈ।
ਬਲਵਿੰਦਰ ਨੇ ਕਿਹਾ ਕਿ ਚੋਣ ਜ਼ਾਬਤੇ ਤੋਂ ਇਲਾਵਾ ਇਹ ਸੁਰੱਖਿਆ ਪ੍ਰਬੰਧਾਂ ਦਾ ਵੀ ਮੁੱਦਾ ਹੈ। ਬਲਵਿੰਦਰ ਨੇ ਦੱਸਿਆ ਕਿ ਪਿਛਲੀਆਂ ਚੋਣਾਂ ਵਿੱਚ ਉਨ੍ਹਾਂ ਨੂੰ 2 ਲੱਖ 5 ਹਜ਼ਾਰ ਵੋਟਾਂ ਮਿਲੀਆਂ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੂੰ 34 ਹਜ਼ਾਰ ਵੋਟਾਂ ਮਿਲੀਆਂ ਸਨ। ਬਲਵਿੰਦਰ ਨੇ ਕਿਹਾ ਕਿ ਇੰਨੇ ਵੱਡੇ ਪੱਧਰ 'ਤੇ ਲੋਕਾਂ ਦੀ ਨੁਮਾਇੰਦਗੀ ਕਰਨ ਦੇ ਬਾਵਜੂਦ ਪ੍ਰਸ਼ਾਸਨ ਨੇ ਕਦੇ ਵੀ ਸੁਰੱਖਿਆ ਦੇਣ ਬਾਰੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮਾਮਲੇ ਵਿੱਚ ਪ੍ਰਸ਼ਾਸਨ ਵੱਲੋਂ ਜ਼ਿਆਦਾਤਰ ਫੈਸਲੇ ਸਿਆਸੀ ਦਬਾਅ ਹੇਠ ਲਏ ਜਾਂਦੇ ਹਨ। ਜਿਸ ਵਿੱਚ ਸਿਰਫ਼ ਸੱਤਾਧਾਰੀ ਧਿਰ ਨੂੰ ਹੀ ਅਹਿਮੀਅਤ ਦਿੱਤੀ ਜਾਂਦੀ ਹੈ। ਬਲਵਿੰਦਰ ਨੇ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ ਅਤੇ ਸਿਵਲ ਪ੍ਰਸ਼ਾਸਨ ਨੂੰ ਸਿਆਸੀ ਦਬਾਅ ਤੋਂ ਮੁਕਤ ਹੋ ਕੇ ਫੈਸਲੇ ਲੈਣੇ ਚਾਹੀਦੇ ਹਨ।
0 Comments